ਫ਼ਰੀਦਕੋਟ: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪਿੱਪਲੀ ਵਿੱਚ ਪ੍ਰੇਮ ਪ੍ਰਸੰਗ ਦੇ ਚਲਦਿਆਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਲੜਕੀ ਨੂੰ ਮਿਲਣ ਆਏ ਨੌਜਵਾਨ ਦੇ ਪਹਿਲਾਂ ਹੱਥ-ਪੈਰ ਬੰਨ੍ਹੇ ਗਏ ਅਤੇ ਫਿਰ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਫ਼ਰੀਦਕੋਟ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ (ਪੁੱਤਰ ਹਰਨੇਕ ਸਿੰਘ) ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਅਰਸ਼ਦੀਪ ਸਿੰਘ ਸ਼ਾਦੀਸ਼ੁਦਾ ਸੀ, ਪਰ ਉਸ ਦੇ ਪਿੰਡ ਪਿੱਪਲੀ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਨਾਮਕ ਲੜਕੀ ਨਾਲ ਪ੍ਰੇਮ ਸਬੰਧ ਸਨ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਕੌਰ ਨੇ ਅਰਸ਼ਦੀਪ ਨੂੰ ਮਿਲਣ ਲਈ ਪਿੰਡ ਬੁਲਾਇਆ ਸੀ। ਜਦੋਂ ਉਹ ਉੱਥੇ ਪਹੁੰਚਿਆ, ਤਾਂ ਲੜਕੀ ਦੇ ਪਿਤਾ ਅਤੇ ਭਰਾ ਨੇ ਉਸ ਨੂੰ ਕਾਬੂ ਕਰਕੇ ਬੰਨ੍ਹ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਥਾਣਾ ਸਦਰ ਦੇ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਨੇਕ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਨ੍ਹਾਂ ਦਾ ਪੁੱਤਰ ਪਿੱਪਲੀ ਪਿੰਡ ਗਿਆ ਸੀ, ਜਿੱਥੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਜਦੋਂ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਅਰਸ਼ਦੀਪ ਦੀ ਲਾਸ਼ ਬੰਨ੍ਹੀ ਹੋਈ ਹਾਲਤ ਵਿੱਚ ਮਿਲੀ ਅਤੇ ਉਸ ਦਾ ਗਲਾ ਰੇਤਿਆ ਹੋਇਆ ਸੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੌਕੇ ‘ਤੇ ਮੌਜੂਦ ਫੋਰੈਂਸਿਕ ਟੀਮ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਥਾਣਾ ਮੁਖੀ ਮੁਤਾਬਕ ਪੁਲਿਸ ਨੇ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਦੇ ਆਧਾਰ ‘ਤੇ ਤੁਰੰਤ ਮਾਮਲਾ ਦਰਜ ਕਰਕੇ ਫਰਾਰ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।



