ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇੱਕ ਕਾਲਜ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਵੈਲੇਨਟਾਈਨ ਵੀਕ ਦੌਰਾਨ ਇੱਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਦੀਪ ਕੌਰ (ਵਾਸੀ ਪਿੰਡ ਨੌਸ਼ਹਿਰਾ ਪੰਨੂਆਂ) ਅਤੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ (ਵਾਸੀ ਪਿੰਡ ਮੱਲ੍ਹੀਆਂ) ਵਜੋਂ ਹੋਈ ਹੈ।
ਕਾਲਜ ਕੈਂਪਸ ਵਿੱਚ ਚੱਲੀਆਂ ਗੋਲੀਆਂ
ਜਾਣਕਾਰੀ ਅਨੁਸਾਰ, ਪ੍ਰਿੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿੱਚ ਕਾਨੂੰਨ (Law) ਦੀ ਪੜ੍ਹਾਈ ਕਰ ਰਹੇ ਸਨ। ਪ੍ਰਿੰਸਰਾਜ ਅਚਾਨਕ ਕਾਲਜ ਕੈਂਪਸ ਵਿੱਚ ਦਾਖ਼ਲ ਹੋਇਆ ਅਤੇ ਸੰਦੀਪ ਕੌਰ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਖ਼ੂਨੀ ਘਟਨਾ ਤੋਂ ਬਾਅਦ ਕਾਲਜ ਵਿੱਚ ਹੜਕੰਪ ਮੱਚ ਗਿਆ ਅਤੇ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਇੱਕਪਾਸੜ ਪਿਆਰ ਦਾ ਦੱਸਿਆ ਜਾ ਰਿਹਾ ਮਾਮਲਾ
ਮੁੱਢਲੀ ਪੁਲਿਸ ਜਾਂਚ ਵਿੱਚ ਇਹ ਸਾਹਮਣੇ ਆ ਰਿਹਾ ਹੈ ਕਿ ਇਹ ਭਿਆਨਕ ਵਾਰਦਾਤ ਇੱਕਪਾਸੜ ਪਿਆਰ ਦਾ ਨਤੀਜਾ ਹੋ ਸਕਦੀ ਹੈ। ਐੱਸ.ਐੱਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਵਾਰਦਾਤ ਵਿੱਚ ਵਰਤਿਆ ਪਿਸਤੌਲ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਕੋਲ ਹਥਿਆਰ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਸਮੇਤ ਕਾਲਜ ਦੇ ਅੰਦਰ ਕਿਵੇਂ ਪਹੁੰਚਿਆ।
ਫੋਰੈਂਸਿਕ ਟੀਮ ਵੱਲੋਂ ਜਾਂਚ, ਕਾਲਜ ‘ਚ ਪੁਲਿਸ ਬਲ ਤਾਇਨਾਤ
ਘਟਨਾ ਤੋਂ ਬਾਅਦ ਕਾਲਜ ਕੈਂਪਸ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਹਨ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੁਖਦਾਈ ਘਟਨਾ ਨੇ ਜਿੱਥੇ ਵਿਦਿਆਰਥੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਉੱਥੇ ਹੀ ਕਾਲਜਾਂ ਦੀ ਸੁਰੱਖਿਆ ‘ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



