ਬਟਾਲਾ : ਬਟਾਲਾ ਦੇ ਨੇੜਲੇ ਪਿੰਡ ਭੋਮਾ ਵਿਖੇ ਬੀਤੀ ਦੇਰ ਰਾਤ ਵਾਪਰੀ ਇੱਕ ਦਿਲ ਕੰਬਾਊ ਵਾਰਦਾਤ ਨੇ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।
ਸੈਰ ਕਰਦੇ ਨੌਜਵਾਨਾਂ ਨੂੰ ਬਣਾਇਆ ਨਿਸ਼ਾਨਾ
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਦੇ ਤਿੰਨ ਨੌਜਵਾਨ ਰਾਤ ਸਮੇਂ ਪਿੰਡ ਦੇ ਗਰਾਊਂਡ ਵਿੱਚ ਸੈਰ ਕਰ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ 18 ਸਾਲਾ ਕਬੱਡੀ ਖਿਡਾਰੀ ਜੁਗਰਾਜ ਸਿੰਘ ਅਤੇ ਸਾਬਕਾ ਸਰਪੰਚ ਦੇ ਬੇਟੇ ਕਸ਼ਮੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ, ਗੋਲੀਆਂ ਲੱਗਣ ਕਾਰਨ ਇੱਕ ਹੋਰ ਨੌਜਵਾਨ ਜੁਗਰਾਜ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ
ਮ੍ਰਿਤਕ ਜੁਗਰਾਜ ਸਿੰਘ ਦੀ ਮਾਤਾ ਕਵਲਜੀਤ ਕੌਰ ਅਤੇ ਚਾਚਾ ਅੰਗਰੇਜ਼ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਜੁਗਰਾਜ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਸੈਰ ਕਰਨ ਗਿਆ ਸੀ, ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਹ ਹੁਣ ਕਦੇ ਵਾਪਸ ਨਹੀਂ ਆਵੇਗਾ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਿੱਚ ਰੌਲਾ ਪੈ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਐਸ.ਐਸ.ਪੀ. ਮਹਿਤਾਬ ਸਿੰਘ ਵੱਲੋਂ ਜਾਂਚ ਦੇ ਆਦੇਸ਼
ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਦੇ ਐਸ.ਐਸ.ਪੀ. ਮਹਿਤਾਬ ਸਿੰਘ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਭਰੋਸਾ ਦਿੱਤਾ ਹੈ ਕਿ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਦੋਸ਼ੀਆਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।



