ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸੂਬੇ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ ‘ਤੇ ਤਾਇਨਾਤ ਪੁਲੀਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣ ਅਤੇ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸ.ਐਸ.ਪੀਜ਼ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਪਹਿਲਾਂ ਡੀ.ਜੀ.ਪੀ. ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਰਵਾਈ ਕਰਨ ਦੇ ਨਾਲ-ਨਾਲ ਸਾਰਿਆਂ ‘ਤੇ ਨੇੜਿਓਂ ਨਿਗ੍ਹਾ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਫੋਰਸ ਵਿੱਚ ਇਸ ਵੇਲੇ ਕੋਵਿਡ ਦੇ 125 ਸਰਗਰਮ ਕੇਸ ਹਨ ਅਤੇ ਇਨ੍ਹਾਂ ਦੇ ਪਰਿਵਾਰਿਕ ਜੀਆਂ ਵਿੱਚੋਂ 161 ਮੈਂਬਰਾਂ ਦਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ। ਡੀਜੀਪੀ ਮੁਤਾਬਕ ਲਾਗ ਨਾਲ ਪ੍ਰਭਾਵਿਤ ਸਾਰੇ ਮੁਲਾਜ਼ਮਾਂ ਨੂੰ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਪੰਜਾਬ ਵਿੱਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤੱਕ ਵਧਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ ਅਤੇ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਸਬੰਧੀ ਤੇਜ਼ੀ ਨਾਲ ਕਦਮ ਚੁੱਕੇ ਜਾਣ। ਸੂਬੇ ਵਿੱਚ ਮੌਜੂਦਾ ਸਮੇਂ 12 ਜ਼ਿਲ੍ਹਿਆਂ ਵਿੱਚ 38 ਮਾਈਕਰੋ ਕੰਟੇਨਮੈਂਟ ਜ਼ੋਨ ਹਨ ਜਦੋਂ ਕਿ ਛੇ ਜ਼ਿਲ੍ਹਿਆਂ ਵਿੱਚ ਸੱਤ ਕੰਟੇਨਮੈਂਟ ਜ਼ੋਨ ਹਨ।
