ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਵਰਗ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸਥਾਪਿਤ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੇ ਉਦੇਸ਼ਾਂ ਨੂੰ ਮੁੱਖ ਰੱਖਦਿਆਂ ਅੱਜ ਗੁਰਦਾਸਪੁਰ ਦੇ ਬਾਟਾ ਚੌਂਕ ਵਿਖੇ ਇੱਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਆਪਣੀਆਂ ਦਰਪੇਸ਼ ਮੁਸ਼ਕਿਲਾਂ ਪ੍ਰਸ਼ਾਸਨ ਦੇ ਸਾਹਮਣੇ ਰੱਖੀਆਂ।
ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ ਚਰਚਾ
ਸਮਾਗਮ ਦੌਰਾਨ ਹਲਕਾ ਇੰਚਾਰਜ ਰਮਨ ਬਹਿਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਦੇ ਨਾਲ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦਾ ਮੁੱਖ ਮਕਸਦ ਵਪਾਰੀਆਂ ਦੀਆਂ ਰੋਜ਼ਾਨਾ ਦੀਆਂ ਦਿੱਕਤਾਂ ਨੂੰ ਸਮਝਣਾ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਨਿਪਟਾਰਾ ਕਰਨਾ ਸੀ। ਕਈ ਅਜਿਹੀਆਂ ਸਮੱਸਿਆਵਾਂ ਸਨ, ਜਿਨ੍ਹਾਂ ਦਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਹੀ ਹੱਲ ਕਰ ਦਿੱਤਾ।
ਵਪਾਰੀਆਂ ਵੱਲੋਂ ਉਠਾਏ ਗਏ ਮੁੱਖ ਮੁੱਦੇ
ਵਪਾਰੀ ਵਰਗ ਅਤੇ ਦੁਕਾਨਦਾਰਾਂ ਨੇ ਸ਼ਹਿਰ ਦੀ ਬਿਹਤਰੀ ਅਤੇ ਕਾਰੋਬਾਰੀ ਮਾਹੌਲ ਨੂੰ ਸੁਖਾਵਾਂ ਬਣਾਉਣ ਲਈ ਕਈ ਅਹਿਮ ਨੁਕਤੇ ਸਾਂਝੇ ਕੀਤੇ। ਬਾਜ਼ਾਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਟ੍ਰੈਫਿਕ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਮੁੱਖ ਚੌਂਕਾਂ ਵਿੱਚ ਪੁਲਿਸ ਤਾਇਨਾਤ ਕਰਨ ਅਤੇ ਪਾਰਕਿੰਗ ਦੇ ਪੁਖ਼ਤਾ ਇੰਤਜ਼ਾਮ ਕਰਨ ਦੀ ਮੰਗ ਕੀਤੀ ਗਈ। ਸ਼ਹਿਰ ਦੀ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਬਿਜਲੀ ਦੀਆਂ ਨੀਵੀਆਂ ਲਟਕਦੀਆਂ ਤਾਰਾਂ ਨੂੰ ਉੱਚਾ ਕਰਨ ਦਾ ਮੁੱਦਾ ਉਠਾਇਆ ਗਿਆ। ਦੁਕਾਨਦਾਰਾਂ ਨੇ ਵਪਾਰਕ ਬਿਜਲੀ ਬਿੱਲਾਂ ਵਿੱਚ ਕਟੌਤੀ ਕਰਨ ਦੀ ਵੀ ਪੁਰਜ਼ੋਰ ਅਪੀਲ ਕੀਤੀ।
ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਤੰਤਰ
ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਜਿਹੜੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਸੰਭਵ ਨਹੀਂ ਸੀ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਰਾਹੀਂ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਾਰੋਬਾਰੀ ਨੂੰ ਪ੍ਰਸ਼ਾਸਨਿਕ ਪੱਧਰ ‘ਤੇ ਖੱਲ੍ਹ-ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
CM Bhagwant Singh Mann ਹਸਪਤਾਲ ਤੋਂ ਹੋਏ ਡਿਸਚਾਰਜ: ਸਿਹਤ ਵਿੱਚ ਸੁਧਾਰ ਤੋਂ ਬਾਅਦ ਮਿਲੀ ਛੁੱਟੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



