ਚੰਡੀਗੜ੍ਹ: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਮੀਟਿੰਗ 28 ਦਸੰਬਰ ਨੂੰ ਚੰਡੀਗੜ੍ਹ ਵਿਚ ਸੱਦੀ ਹੈ ਜਿਸ ਵਿਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਦੋਵਾਂ ਰਾਜਾਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।
ਸਤਲੁਜ ਯਮੁਨਾ ਲਿੰਕ ਨਹਿਰ ਉੱਤੇ ਹਰਿਆਣਾ ਅਤੇ ਪੰਜਾਬ ਇਕ ਵਾਰ ਮੁੜ ਤੋਂ ਗੱਲਬਾਤ ਕਰਨਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਸੰਬੰਧੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਿੱਤੀ ਹੈ। ਸੀਐਮ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਇੱਕ ਗੰਭੀਰ ਮੁੱਦਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈਕੇ ਕੋਈ ਹੱਲ ਜ਼ਰੂਰ ਨਿਕਲੇਗਾ।
ਮੁੱਖਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਉਹ ਐਸ.ਵਾਈ.ਐਲ. ਮੁੱਦੇ ‘ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਉਹ ਇਸ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਨੇ ਆਪਣੀ ਗੱਲ ਨੂੰ ਦੁਹਰਾਉਂਦੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖਮੰਤਰੀ ਨੇ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ।
ਸੀਐੱਮ ਨੇ ਐਸ.ਵਾਈ.ਐਲ. ਦੇ ਮੁੱਦੇ ਉਤੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਸੀਐੱਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਪਾਣੀਆਂ ਦੇ ਮੁੱਦੇ ਉੱਤੇ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ।



