ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ । ਪੂਰੇ ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2300 ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਆਂਕੜਾ ਵੀ 50 ਤੋਂ ਪਾਰ ਹੋ ਗਿਆ ਹੈ।
ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵੱਧ ਕੇ 2301 ਹੋ ਗਈ ਹੈ ਜਿਨ੍ਹਾਂ ਵਿਚੋਂ ਹੁਣ ਤੱਕ 156 ਕੋਰੋਨਾ ਮਰੀਜ਼ ਪੂਰੀ ਤਰ੍ਹਾ ਠੀਕ ਹੋ ਚੁੱਕੇ ਹਨ ਜਦਕਿ 56 ਲੋਕਾਂ ਨੇ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਵੀ ਗਵਾ ਦਿੱਤੀ ਹੈ। ਭਾਰਤ ਵਿਚ ਸੱਭ ਤੋਂ ਜਿਆਦਾ ਕੋਰੋਨਾ ਦੇ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ ਜਿੱਥੇ ਹੁਣ ਤੱਕ 393 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ 16 ਲੋਕਾਂ ਦੀ ਮੌਤ ਵੀ ਹੋ ਗਈ ਹੈ। ਇਸ ਤੋਂ ਇਲਾਵਾ ਕੇਰਲ ਵਿਚ 315, ਦਿੱਲੀ ਵਿਚ 231 ਅਤੇ ਆਂਧਰਾ ਪ੍ਰਦੇਸ਼ ਵਿਚ 134 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਪੂਰੇ ਦੇਸ਼ ਵਿਚ 21 ਦਿਨ ਦਾ ਲਾਕਡਾਊਨ ਕੀਤਾ ਹੋਇਆ ਹੈ ਅਤੇ ਅੱਜ ਲਾਕਡਾਊਨ ਦੇ 9ਵੇਂ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਜਨਤਾ ਨੂੰ ਇਕ ਵੀਡੀਓ ਸੰਦੇਸ਼ ਰਾਹੀਂ ਆਉਣ ਵਾਲੇ 5 ਅਪ੍ਰੈਲ ਨੂੰ ਰਾਤ 9 ਵਜੇ, 9 ਮਿੰਟ ਲਈ ਦੀਵੇ, ਮੋਮਬੱਤੀਆਂ ਅਤੇ ਮੋਬਾਇਲ ਫੋਨ ਦੀਆਂ ਫਲੈਸ਼ਲਾਇਟਾਂ ਜਲਾਉਣ ਦੀ ਅਪੀਲ ਕੀਤੀ ਹੈ

