ਪਠਾਨਕੋਟ: ਪਠਾਨਕੋਟ ਸ਼ਹਿਰ ਵਿੱਚ ਚੋਰਾਂ ਦੇ ਹੌਸਲੇ ਇਸ ਕਦਰ ਵਧ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਚੋਰਾਂ ਵੱਲੋਂ ਹੁਣ ਆਮ ਘਰਾਂ ਦੇ ਨਾਲ-ਨਾਲ ਸਰਕਾਰੀ ਸੰਸਥਾਵਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਸਿਵਲ ਹਸਪਤਾਲ ਪਠਾਨਕੋਟ ਦੇ ਕੰਪਲੈਕਸ ਤੋਂ ਸਾਹਮਣੇ ਆਇਆ ਹੈ, ਜਿੱਥੇ ਨਵੀਂ ਬਣ ਰਹੀ ਇਮਾਰਤ ਦੇ ਨਿਰਮਾਣ ਕਾਰਜ ਵਾਲੀ ਥਾਂ ਤੋਂ ਚੋਰਾਂ ਨੇ ਦੇਰ ਰਾਤ ਲੋਹੇ ਦਾ ਸਾਮਾਨ ਅਤੇ ਸਰੀਆ ਚੋਰੀ ਕਰ ਲਿਆ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਦੂਜੀ ਵਾਰ ਹੋਈ ਚੋਰੀ ਦੀ ਵਾਰਦਾਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਟ ਇੰਜੀਨੀਅਰ ਜਗਜੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਨਵੀਂ ਇਮਾਰਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਚੋਰਾਂ ਨੇ ਲਗਾਤਾਰ ਦੂਜੀ ਵਾਰ ਉਨ੍ਹਾਂ ਦੇ ਲੋਹੇ ਦੇ ਸਾਮਾਨ ਅਤੇ ਸਰੀਏ ‘ਤੇ ਹੱਥ ਸਾਫ਼ ਕੀਤਾ ਹੈ। ਚੋਰਾਂ ਵੱਲੋਂ ਵਾਰ-ਵਾਰ ਨਿਸ਼ਾਨਾ ਬਣਾਏ ਜਾਣ ਕਾਰਨ ਨਿਰਮਾਣ ਕਾਰਜ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ।
ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ
ਸਾਈਟ ਇੰਜੀਨੀਅਰ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਚੋਰੀ ਦੀਆਂ ਘਟਨਾਵਾਂ ‘ਤੇ ਤੁਰੰਤ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਇਮਾਰਤਾਂ ਦੇ ਅੰਦਰ ਹੀ ਅਜਿਹੀਆਂ ਵਾਰਦਾਤਾਂ ਹੁੰਦੀਆਂ ਰਹੀਆਂ, ਤਾਂ ਕੰਮ ਕਰਨਾ ਮੁਸ਼ਕਲ ਹੋ ਜਾਵੇਗਾ।



