ਅੰਮ੍ਰਿਤਸਰ: ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੁਲਿਸ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਪੁਲਿਸ ਕਮਿਸ਼ਨਰ ਦਫ਼ਤਰ ਦੀ ਅਧਿਕਾਰਤ ਈਮੇਲ ‘ਤੇ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ।
ਈਮੇਲ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਦੀਆਂ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਸਨਿਫ਼ਰ ਡੌਗਜ਼ ਨਾਲ ਤਿੰਨਾਂ ਪ੍ਰਮੁੱਖ ਇਮਾਰਤਾਂ—ਪੁਲਿਸ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ—ਵਿੱਚ ਪਹੁੰਚੀਆਂ। ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਇਨ੍ਹਾਂ ਇਮਾਰਤਾਂ ਦੇ ਹਰ ਕੋਨੇ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਲੰਬੇ ਸਮੇਂ ਤੱਕ ਚੱਲੇ ਵਿਆਪਕ ਤਲਾਸ਼ੀ ਅਭਿਆਨ ਤੋਂ ਬਾਅਦ ਪੁਲਿਸ ਨੂੰ ਇਨ੍ਹਾਂ ਇਮਾਰਤਾਂ ਵਿੱਚੋਂ ਕੋਈ ਵੀ ਵਿਸਫੋਟਕ ਪਦਾਰਥ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਆਮ ਲੋਕਾਂ ਨੇ ਰਾਹਤ ਦਾ ਸਾਹ ਲਿਆ।
ਧਮਕੀ ਭਰੀ ਈਮੇਲ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਅਤੇ ਸਰਕਾਰੀ ਕੰਪਲੈਕਸਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਨਤਕ ਥਾਵਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਵਿਅਕਤੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਇਨਵੈਸਟੀਗੇਸ਼ਨ ਜੁਗਰਾਜ ਸਿੰਘ ਨੇ ਦੱਸਿਆ ਕਿ ਈਮੇਲ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਬੰਬ ਨਿਰੋਧਕ ਦਸਤਿਆਂ ਨਾਲ ਤਿੰਨਾਂ ਇਮਾਰਤਾਂ ਦੀ ਪੂਰੀ ਚੈਕਿੰਗ ਕੀਤੀ ਹੈ ਅਤੇ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਈਮੇਲ ਭੇਜਣ ਵਾਲੇ ਦੀ ਸ਼ਨਾਖਤ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।”
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



