ਬਠਿੰਡਾ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਨੂੰ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਇਸ ਲੜੀ ਤਹਿਤ ਬਠਿੰਡਾ ਰੇਲਵੇ ਸਟੇਸ਼ਨ ਨੂੰ ਵੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਆ ਗਈਆਂ ਹਨ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਬਠਿੰਡਾ ਪੁਲਿਸ ਅਤੇ ਜੀਆਰਪੀ (GRP) ਵੱਲੋਂ ਰੇਲਵੇ ਸਟੇਸ਼ਨ ‘ਤੇ ਵੱਡੇ ਪੱਧਰ ‘ਤੇ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।
ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੀ ਕਮਾਨ ਐਸਪੀ ਸਿਟੀ ਨਰਿੰਦਰ ਸਿੰਘ ਵੱਲੋਂ ਖ਼ੁਦ ਸੰਭਾਲੀ ਗਈ। ਚੈਕਿੰਗ ਦੌਰਾਨ ਡੌਗ ਸਕੁਐਡ ਦੀਆਂ ਟੀਮਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਮੌਕੇ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਅਭਿਆਨ ਵਿੱਚ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਰੇਲਵੇ ਸਟੇਸ਼ਨ ਦੇ ਚੱਪੇ-ਚੱਪੇ ਦੀ ਬਾਰੀਕੀ ਨਾਲ ਜਾਂਚ ਕੀਤੀ।
ਸਟੇਸ਼ਨ ‘ਤੇ ਆਉਣ ਜਾਣ ਵਾਲੇ ਮੁਸਾਫਰਾਂ ਅਤੇ ਰੇਲ ਗੱਡੀਆਂ ਵਿੱਚ ਸਫ਼ਰ ਕਰ ਰਹੇ ਯਾਤਰੀਆਂ ਦੇ ਸਮਾਨ ਦੀ ਸਖ਼ਤ ਚੈਕਿੰਗ ਕੀਤੀ ਗਈ। ਅਧਿਕਾਰੀਆਂ ਨੇ ਪਲੇਟਫਾਰਮਾਂ, ਵੇਟਿੰਗ ਰੂਮਾਂ ਅਤੇ ਪਾਰਕਿੰਗ ਖੇਤਰਾਂ ਦੀ ਵੀ ਵਿਸ਼ੇਸ਼ ਤੌਰ ‘ਤੇ ਤਲਾਸ਼ੀ ਲਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਪਹਿਲਾਂ ਨਜਿੱਠਿਆ ਜਾ ਸਕੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਸਪੀ ਸਿਟੀ ਨੇ ਦੱਸਿਆ ਕਿ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਵਾਂਗ ਬਠਿੰਡਾ ਨੂੰ ਵੀ ਧਮਕੀ ਭਰੇ ਸੁਨੇਹੇ ਮਿਲੇ ਹਨ, ਜਿਸ ਨੂੰ ਮੁੱਖ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਕਾਫ਼ੀ ਸਖ਼ਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਸ਼ੱਕੀ ਵਿਅਕਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਹ ਸੁਰੱਖਿਆ ਘੇਰਾ ਆਜ਼ਾਦੀ ਦਿਵਸ ਤੱਕ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਬਠਿੰਡਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਲਾਵਾਰਿਸ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਵੱਡੀ ਘਟਨਾ ਤੋਂ ਬਚਿਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



