ਫ਼ਿਰੋਜ਼ਪੁਰ: ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਮਿਲ ਰਹੀਆਂ ਧਮਕੀਆਂ ਦਰਮਿਆਨ ਅੱਜ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਸ ਖ਼ਬਰ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਇਹ ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ ਹੈ।
ਕੋਰਟ ਕੰਪਲੈਕਸ ਅਤੇ ਬਾਰ ਐਸੋਸੀਏਸ਼ਨ ਨੂੰ ਕਰਵਾਇਆ ਖ਼ਾਲੀ
ਧਮਕੀ ਭਰੀ ਮੇਲ ਮਿਲਣ ਸਾਰ ਹੀ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤ (District Court) ਅਤੇ ਬਾਰ ਐਸੋਸੀਏਸ਼ਨ ਦੇ ਦਫ਼ਤਰਾਂ ਨੂੰ ਤੁਰੰਤ ਖ਼ਾਲੀ ਕਰਵਾ ਦਿੱਤਾ। ਵਕੀਲਾਂ ਅਤੇ ਅਦਾਲਤ ਵਿੱਚ ਆਏ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਮੌਕੇ ‘ਤੇ ਪਹੁੰਚੀ ਡੌਗ ਸਕੁਐਡ (Dog Squad) ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਵੱਲੋਂ ਅਦਾਲਤ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਸਾਈਬਰ ਸੈੱਲ ਦੀ ਮਦਦ ਨਾਲ ਈਮੇਲ ਦੇ ਸਰੋਤ ਦੀ ਜਾਂਚ
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਧਰਮਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਈਮੇਲ ਕਿਸ ਵੱਲੋਂ ਅਤੇ ਕਿੱਥੋਂ ਭੇਜੀ ਗਈ ਹੈ, ਇਸ ਦਾ ਪਤਾ ਲਗਾਉਣ ਲਈ ਸਾਈਬਰ ਟੀਮ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਜਨਤਕ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਵਕੀਲਾਂ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ
ਬਾਰ ਐਸੋਸੀਏਸ਼ਨ ਦੇ ਮੈਂਬਰ ਅਤੇ ਵਕੀਲ ਰੋਹਿਤ ਨੇ ਦੱਸਿਆ ਕਿ ਅਚਾਨਕ ਮਿਲੀ ਇਸ ਧਮਕੀ ਕਾਰਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਸੂਚਨਾ ਦੇਣ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਪੂਰੇ ਇਲਾਕੇ ਵਿੱਚ ਪੁਲਿਸ ਤਾਇਨਾਤ ਹੈ।



