ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲੁਧਿਆਣਾ ਨੇੜੇ ਲੱਗਦੇ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ।
ਦਰਅਸਲ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੁਝ ਲੋਕਾਂ ਨੇ ਇਹ ਕਿਹਾ ਕਿ ਜੰਗਲ ਨੂੰ ਉਜਾੜਿਆ ਜਾਵੇਗਾ ਜਦਕਿ ਇਸ ਗੱਲ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ।’’ ਉਨਾਂ ਦੱਸਿਆ ਕਿ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ। ਉਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਐਕੁਵਾਇਰ ਕੀਤੀ ਜ਼ਮੀਨ ਵਿੱਚ ਮੱਤੇਵਾੜਾ ਜੰਗਲ ਦੇ 2300 ਏਕੜ ਵਿੱਚੋਂ ਇਕ ਇੰਚ ਜ਼ਮੀਨ ਵੀ ਸ਼ਾਮਲ ਨਹੀਂ ਹੈ। ਦੱਸ ਦਈਏ ਪੰਜਾਬ ਕੈਬਨਿਟ ਨੇ ਪਿਛਲੀ ਦਿਨੀਂ 3200 ਕਰੋੜ ਰੁਪਏ ਦੀ ਲਾਗਤ ਨਾਲ 2000 ਏਕੜ ਸਰਕਾਰੀ ਅਤੇ ਪੰਚਾਇਤੀ ਜ਼ਮੀਨ ‘ਤੇ ਆਧੁਨਿਕ ਉਦਯੋਗਿਕ ਪਾਰਕ ਅਤੇ ਏਕੀਕ੍ਰਿਤ ਉਤਪਾਦਨ ਕਲੱਸਟਰ ਨੂੰ ਮੱਤੇਵਾੜਾ ਅਤੇ ਰਾਜਪੁਰਾ ਵਿਖੇ ਸਥਾਪਤ ਕਰਨ ਲਈ ਪ੍ਰਵਾਨਗੀ ਦਿੱਤੀ ਸੀ ਅਤੇ ਉਦੋਂ ਤੋਂ ਹੀ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਚਰਚਾ ਛਿੜੀ ਹੋਈ ਸੀ ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਸਰਕਾਰ ਉੱਤੇ ਹਮਲਾਵਰ ਸਨ ਅਤੇ ਸਥਾਨਕ ਲੋਕ ਵੀ ਇਸ ਜੰਗਲ ਨੂੰ ਲੈ ਕੇ ਚਿੰਤਿਤ ਸਨ।
ਇਸ ਤੋਂ ਇਲਾਵਾ ਸੀਐਮ ਕੈਪਟਨ ਨੇ ਐਤਵਾਰ ਨੂੰ ਕਰਫਿਊ ਲੱਗਣ ਬਾਰੇ ਪੁੱਛੇ ਗਏ ਸਵਾਲ ਉੱਤੇ ਕਿਹਾ ਹੈ ਕਿ ਹੁਣ ਐਤਵਾਰ ਨੂੰ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ ਹੈ,ਕਿਉਂਕਿ ਬਹੁਤ ਲੋਕਾਂ ਨੂੰ ਕੰਮ ਲਈ ਘਰੋਂ ਨਿਕਲਣ ਦੀ ਲੋੜ ਹੁੰਦੀ ਹੈ।
