ਲੁਧਿਆਣਾ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੁਧਿਆਣਾ ਦੇ ਕਰਤਾਰ ਨਗਰ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਇੱਕ ਸੇਵਾਦਾਰ ਦੀ ਉਚਾਈ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਇਲਾਕੇ ਅਤੇ ਸੰਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
8 ਸਾਲਾਂ ਤੋਂ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਮਨਿੰਦਰ
ਮ੍ਰਿਤਕ ਦੀ ਪਛਾਣ 40 ਸਾਲਾ ਮਨਿੰਦਰ ਸਿੰਘ ਉਰਫ਼ ਮਿੰਦੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਿੰਦਰ ਪਿਛਲੇ ਲਗਭਗ ਅੱਠ ਸਾਲਾਂ ਤੋਂ ਇਸੇ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਨੂੰ ਬਦਲਣ ਅਤੇ ਹੋਰ ਸੇਵਾਵਾਂ ਪੂਰੀ ਸ਼ਰਧਾ ਨਾਲ ਨਿਭਾਉਂਦਾ ਆ ਰਿਹਾ ਸੀ। ਅੱਜ ਸਵੇਰੇ ਵੀ ਉਹ ਵਿਸਾਖੀ ਦੇ ਮੌਕੇ ‘ਤੇ ਸੇਵਾ ਨਿਭਾ ਰਿਹਾ ਸੀ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ।
ਸਵੇਰੇ 9:30 ਵਜੇ ਵਾਪਰਿਆ ਦਰਦਨਾਕ ਹਾਦਸਾ
ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਜਸਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ ਸਾਢੇ 9 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਆਤਮ ਨਗਰ ਚੌਂਕੀ ਦੇ ਪਿਛਲੇ ਪਾਸੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਜਦੋਂ ਨਿਸ਼ਾਨ ਸਾਹਿਬ ਦੀ ਸੇਵਾ ਚੱਲ ਰਹੀ ਸੀ, ਤਾਂ ਮਨਿੰਦਰ ਸਿੰਘ ਅਚਾਨਕ ਹੇਠਾਂ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ।
ਪਰਿਵਾਰ ਅਤੇ ਪ੍ਰਬੰਧਕ ਕਮੇਟੀ ਵਿਚਾਲੇ ਸਹਿਮਤੀ
ਪੁਲਿਸ ਅਧਿਕਾਰੀ ਅਨੁਸਾਰ, ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਆਪਸੀ ਸਹਿਮਤੀ ਬਣ ਗਈ ਹੈ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਨੂੰਨੀ ਪ੍ਰਕਿਰਿਆ ਤਹਿਤ ਜਾਂਚ ਕਰ ਰਹੇ ਹਨ। ਜੇਕਰ ਪਰਿਵਾਰ ਵੱਲੋਂ ਕੋਈ ਲਿਖਤੀ ਸ਼ਿਕਾਇਤ ਦਿੱਤੀ ਜਾਂਦੀ ਹੈ, ਤਾਂ ਉਸ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



