ਚੰਡੀਗੜ੍ਹ : ਸਰਹੰਦ-ਚੰਡੀਗੜ੍ਹ ਮਾਰਗ ‘ਤੇ ਬੀਤੀ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਕਾਰ ਦਾ ਟਾਇਰ ਫਟਣ ਕਾਰਨ ਵਾਹਨ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਪਿੰਡ ਅੱਤੇਵਾਲੀ ਦੇ ਇੱਕ ਛੱਪੜ ਵਿੱਚ ਜਾ ਡਿੱਗਾ। ਇਸ ਭਿਆਨਕ ਹਾਦਸੇ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਪਾਣੀ ਵਿੱਚ ਡੁੱਬਣ ਅਤੇ ਗੱਡੀ ਅੰਦਰ ਹੀ ਫਸਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਰਹੰਦ ਨਿਵਾਸੀ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਵਜੋਂ ਹੋਈ ਹੈ।
ਦੋਸਤ ਨੂੰ ਘਰ ਛੱਡਣ ਜਾ ਰਹੇ ਸਮੇਂ ਵਾਪਰਿਆ ਹਾਦਸਾ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਕਿਸੇ ਦੋਸਤ ਦੀ ਭੈਣ ਦੇ ਘਰ ਬੇਟੇ ਦੇ ਜਨਮ ਦੀ ਖ਼ੁਸ਼ੀ ਵਿੱਚ ਰੱਖੀ ਪਾਰਟੀ ਤੋਂ ਵਾਪਸ ਆ ਰਹੇ ਸਨ ਅਤੇ ਆਪਣੇ ਦੋਸਤ ਨੂੰ ਛੱਡਣ ਜਾ ਰਹੇ ਸਨ। ਚਾਰ ਦੋਸਤ ਦੋ ਵੱਖ-ਵੱਖ ਕਾਰਾਂ ਵਿੱਚ ਸਵਾਰ ਹੋ ਕੇ ਸਫ਼ਰ ਕਰ ਰਹੇ ਸਨ। ਜਦੋਂ ਉਹ ਪਿੰਡ ਅੱਤੇਵਾਲੀ ਨੇੜੇ ਪੁੱਜੇ ਤਾਂ ਅਚਾਨਕ ਅੱਗੇ ਚੱਲ ਰਹੀ ਕਾਰ ਦਾ ਟਾਇਰ ਫਟ ਗਿਆ। ਪਿੱਛੇ ਆ ਰਹੇ ਦੂਜੇ ਸਾਥੀਆਂ ਨੇ ਆਪਣੀ ਅੱਖੀਂ ਇਹ ਖ਼ੌਫ਼ਨਾਕ ਮੰਜ਼ਰ ਦੇਖਿਆ ਅਤੇ ਤੁਰੰਤ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ।
ਕਾਫ਼ੀ ਮੁਸ਼ੱਕਤ ਬਾਅਦ ਪਾਣੀ ਦੇ ਛੱਪੜ ‘ਚੋਂ ਕੱਢੀ ਗਈ ਗੱਡੀ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਕਾਫ਼ੀ ਮੁਸ਼ੱਕਤ ਤੋਂ ਬਾਅਦ ਬੇਕਾਬੂ ਹੋ ਕੇ ਡਿੱਗੀ ਕਾਰ ਨੂੰ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਦੋਵਾਂ ਨੌਜਵਾਨਾਂ ਦੀ ਕਾਰ ਦੇ ਅੰਦਰ ਹੀ ਦਮ ਘੁਟਣ ਅਤੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਚੁੱਕੀ ਸੀ। ਇਸ ਦੁਖਦਾਈ ਘਟਨਾ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੁਲਿਸ ਪ੍ਰਸ਼ਾਸਨ ਦੀ ਕਾਰਵਾਈ
ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਫਤਿਹਗੜ੍ਹ ਸਾਹਿਬ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਨੂੰ ਆਧਾਰ ਬਣਾ ਕੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪੀਆਂ ਜਾ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



