ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਯੂਨੀਵਰਸਿਟੀ ਗਰਾਂਟ ਕਮਿਸ਼ਨ ਦੁਆਰਾ ਆਖਰੀ ਸਮੈਸਟ ਦੀਆਂ ਪ੍ਰੀਖਿਆਵਾਂ ਕਰਵਾਉਣ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਵਿਰੋਧ ਵਿਚ ਸੁਪਰੀਮ ਕੋਰਟ ‘ਚ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸਨ ਜਿਸ ਉੱਤੇ ਬੀਤੇ ਸੋਮਵਾਰ ਨੂੰ ਸੁਣਵਾਈ ਕਰਦਿਆਂ ਅਦਾਲਤ ਨੇ ਯੂਜੀਸੀ ਨੂੰ ਨੋਟਿਸ ਜਾਰੀ ਕਰ 29 ਜੁਲਾਈ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਦਰਅਸਲ 6 ਜੁਲਾਈ ਨੂੰ ਯੂਜੀਸੀ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਖਰੀ ਸਮੈਸਟਰ ਦੇ ਇਮਤਿਹਾਨ ਲੈਣ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਕਿਹਾ ਗਿਆ ਸੀ ਕਿ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਨੂੰ ਕਿਸੇ ਵੀ ਹਾਲਤ ਵਿਚ ਟਾਲਿਆ ਨਹੀਂ ਜਾ ਸਕਦਾ ਹੈ। ਇਹ ਪ੍ਰੀਖਿਆਵਾਂ 30 ਸਤੰਬਰ ਤੱਕ ਕਰਵਾਉਣੀਆਂ ਜ਼ਰੂਰੀ ਹਨ। ਇਸ ਲਈ ਸਿਹਤ ਮੰਤਰਾਲੇ ਦੁਆਰਾ ਮੰਜੂਰ ਐਸਓਪੀ ਦੇ ਤਹਿਤ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ 31 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ, ਜਿਸ ਉੱਤੇ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਹੈ ਕਿ ਯੂਜੀਸੀ ਇਸ ਮਾਮਲੇ ਉੱਤੇ 29 ਜੁਲਾਈ ਤੱਕ ਆਪਣਾ ਜਵਾਬ ਦਾਖਲ ਕਰੇ ਅਤੇ ਮਾਮਲੇ ਦੀ ਅਗਲੀ ਸੁਣਵਾਈ 31 ਜੁਲਾਈ ਨੂੰ ਹੋਵੇਗੀ। ਦੂਜੇ ਪਾਸੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਹੈ ਕਿ ਯੂਨੀਵਰਸਿਟੀ ਅਤੇ ਕਾਲਜ ਅੰਤਮ ਸਾਲ ਦੀ ਪ੍ਰੀਖਿਆਵਾਂ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆ 800 ਤੋਂ ਵੱਧ ਯੂਨੀਵਰਿਸਟੀਆਂ ਵਿਚੋਂ 209 ਯੂਨੀਵਰਸਿਟੀਆਂ ਵਿਚ ਪ੍ਰੀਖਿਆਵਾਂ ਪੂਰੀਆਂ ਹੋ ਚੁੱਕੀਆਂ ਹਨ। ਹਾਲਾਂਕਿ ਇਸ ਵੇਲੇ ਲਗਭਗ 390 ਯੂਨੀਵਰਸਿਟੀਆਂ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਵਿੱਚ ਹਨ ਅਤੇ ਵਿਦਿਆਰਥੀ ਆਨਲਾਈਨ ਜਾ ਆਫਲਾਈਨ ਇਨ੍ਹਾਂ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਵਿਦਿਆਰਥੀਆਂ ਨੇ ਪਟੀਸ਼ਨ ਵਿਚ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਫਾਈਨਲ ਈਅਰ ਦੀਆਂ ਪ੍ਰੀਖਿਆਵਾਂ ਰੱਦ ਹੋਣੀਆਂ ਚਾਹੀਦੀਆਂ ਹਨ ਅਤੇ ਨਤੀਜਾਂ ਪਿਛਲੇ ਸਮੈਸਟਰ ਦੇ ਅਧਾਰ ਉੱਤੇ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ।
