ਲਹਿਰਾਗਾਗਾ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਹਰ ਪਾਰਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਮੰਥਨ ਕੀਤਾ ਜਾ ਰਿਹਾ ਹੈ ਜਿਥੇ ਕਾਂਗਰਸ ਨੇ ਪਹਿਲਾਂ ਹੀ ਸੰਤੋਖ ਸਿੰਘ ਚੌਧਰੀ ਦੀ ਪਤਨੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਾਨੂੰਨ ਅਤੇ ਹੋਰ ਮੁੱਦਿਆ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਨੂੰ ਧਮਕਰੀਆਂ ਮਿਲ ਰਹੀਆ ਹਨ ਅਤੇ ਫਿਰੌਤੀ ਮੰਗ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਬਿਲਕੁਲ ਫੇਲ੍ਹ ਸਾਬਤ ਹੋਈ ਹੈ।
ਬੀਬੀ ਭੱਠਲ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਉਮੀਦਵਾਰ ਨਹੀਂ ਲੱਭ ਰਹੇ, ਜਦੋਂ ਕਿ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਵੀ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਵੇਲੇ ਐਲਾਨ ਕਰਨ ਵਾਲੇ ਮੁੱਖ ਮੰਤਰੀ ਨੇ ਕਿਸੇ ਔਰਤ ਦੇ ਖਾਤੇ ਵਿਚ ਪੈਸੇ ਨਹੀਂ ਪਾਏ। ਇੱਥੋਂ ਤੱਕ ਕਿ ਦਹਾਕਿਆਂ ਤੋਂ ਗਰੀਬਾਂ ਨੂੰ ਮਿਲ ਰਹੀ ਕਣਕ ’ਤੇ ਵੀ ਕੱਟ ਲਾ ਕੇ ਉਨ੍ਹਾਂ ਦੇ ਚੁੱਲ੍ਹੇ ਬੰਦ ਕਰ ਦਿੱਤੇ ਹਨ ਜਿਸ ਦਾ ਮਜ਼ਾ ਪਹਿਲਾਂ ਲੋਕਾਂ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਸਮੇਂ ਚਖਾ ਦਿੱਤਾ ਹੈ ਅਤੇ ਹੁਣ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਵੀ ਇਹੋ ਕੁਝ ਦੁਹਰਾਉਣ ਨੂੰ ਉਥੋਂ ਦੇ ਵੋਟਰ ਕਾਹਲੇ ਹਨ।



