ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਸਖ਼ਤ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਪ੍ਰਸ਼ਾਸਨ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਨਾਮੀ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਉਸਾਰੀ ਗਈ ਇਮਾਰਤ ਨੂੰ ਬੁਲਡੋਜ਼ਰ ਚਲਾ ਕੇ ਜ਼ਮੀਨਦੋਜ਼ ਕਰ ਦਿੱਤਾ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਨਸ਼ਾ ਸੌਦਾਗਰਾਂ ਦੇ ਆਰਥਿਕ ਲੱਕ ਤੋੜਨ ਦੇ ਮਕਸਦ ਨਾਲ ਕੀਤੀ ਗਈ ਹੈ।
ਨਸ਼ੇ ਦੀ ਕਾਲੀ ਕਮਾਈ ਨਾਲ ਖੜ੍ਹੀ ਕੀਤੀ ਸੀ ਜਾਇਦਾਦ
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਜੀਤ ਸਿੰਘ ਉਰਫ਼ ਨਿੱਕੂ ਪੁੱਤਰ ਕਾਰਜ ਸਿੰਘ ਵਜੋਂ ਹੋਈ ਹੈ। ਉਕਤ ਮੁਲਜ਼ਮ ਵਿਰੁੱਧ ਨਸ਼ਾ ਤਸਕਰੀ ਦੇ 2 ਗੰਭੀਰ ਮੁਕਦਮੇ ਦਰਜ ਹਨ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਮੁਲਜ਼ਮ ਨੇ ਨਸ਼ੇ ਦੇ ਕਾਰੋਬਾਰ ਤੋਂ ਹੋਈ ਕਮਾਈ ਰਾਹੀਂ ਇਹ ਅਣਅਧਿਕਾਰਤ ਇਮਾਰਤ ਤਿਆਰ ਕੀਤੀ ਸੀ, ਜਿਸ ‘ਤੇ ਅੱਜ ਪੁਲਿਸ ਨੇ ਸ਼ਿਕੰਜਾ ਕੱਸਦਿਆਂ ਇਸ ਨੂੰ ਢਾਹ ਦਿੱਤਾ।
ਐਸ.ਐਸ.ਪੀ. ਦੀ ਸਖ਼ਤ ਚੇਤਾਵਨੀ: ਜਾਇਦਾਦਾਂ ਹੋਣਗੀਆਂ ਕੁਰਕ
ਐਸ.ਐਸ.ਪੀ. ਅਭਿਮੰਨਿਊ ਰਾਣਾ ਦੇ ਨਿਰਦੇਸ਼ਾਂ ਹੇਠ ਹੋਈ ਇਸ ਕਾਰਵਾਈ ਦੌਰਾਨ ਪੁਲਿਸ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ.ਪੀ. ਢਿੱਲੋਂ ਨੇ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਵੇਚ ਕੇ ਗੈਰ-ਕਾਨੂੰਨੀ ਜਾਇਦਾਦਾਂ ਬਣਾਏਗਾ, ਉਸ ਨੂੰ ਦਿੱਲੀ ਸਥਿਤ ਕੰਪੀਟੈਂਟ ਅਥਾਰਟੀ ਰਾਹੀਂ ਅਟੈਚ (ਕੁਰਕ) ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਹਨ ਅਤੇ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ।
ਜਨਤਾ ਨੂੰ ਸਹਿਯੋਗ ਦੀ ਅਪੀਲ
ਇਸ ਮੌਕੇ ਡੀ.ਐਸ.ਪੀ. ਬਚਨ ਸਿੰਘ ਅਤੇ ਥਾਣਾ ਬਰੀਵਾਲਾ ਦੇ ਮੁੱਖ ਅਫ਼ਸਰ ਐਸ.ਆਈ. ਗੁਰਦੀਪ ਸਿੰਘ ਵੀ ਮੌਜੂਦ ਸਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਨਿਡਰ ਹੋ ਕੇ ਅੱਗੇ ਆਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



