ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਬੰਗੀ ਰੁਲਦੂ ਵਿਖੇ ਉਸ ਸਮੇਂ ਮਾਤਮ ਛਾਅ ਗਿਆ, ਜਦੋਂ ਤਿੰਨ ਸਿੱਖ ਰੈਜੀਮੈਂਟ ਵਿੱਚ ਦੇਸ਼ ਦੀ ਸੇਵਾ ਨਿਭਾ ਰਹੇ ਨੌਜਵਾਨ ਲਵਪ੍ਰੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਅੱਜ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਮ੍ਰਿਤਕ ਫੌਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਸਾਢੇ ਸੱਤ ਸਾਲਾਂ ਤੋਂ ਦੇਸ਼ ਦੀ ਸੇਵਾ ਵਿੱਚ ਜੁਟਿਆ ਸੀ ਲਵਪ੍ਰੀਤ ਸਿੰਘ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਫੌਜੀ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਪਿਛਲੇ ਸਾਢੇ ਸੱਤ ਸਾਲਾਂ ਤੋਂ ਭਾਰਤੀ ਫੌਜ ਦੀ 3 ਸਿੱਖ ਰੈਜੀਮੈਂਟ ਵਿੱਚ ਆਪਣੀ ਸੇਵਾ ਨਿਭਾ ਰਿਹਾ ਸੀ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫੌਜ ਦੀ ਇੱਕ ਯੂਨਿਟ ਤੋਂ ਦੂਜੀ ਯੂਨਿਟ ਵੱਲ ਜਾਂਦੇ ਸਮੇਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਲਵਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਪਰਿਵਾਰ ਦਾ ਇਕਲੌਤਾ ਸਹਾਰਾ ਸੀ ਮ੍ਰਿਤਕ
ਦੁੱਖਦਾਇਕ ਪਹਿਲੂ ਇਹ ਹੈ ਕਿ ਲਵਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਭੈਣ ਦਾ ਇਕਲੌਤਾ ਭਰਾ ਸੀ, ਜੋ ਕਿ ਅਜੇ ਅਵਿਵਾਹਿਤ ਸੀ। ਫੌਜੀ ਜਵਾਨ ਦੇ ਪਿਤਾ ਵੀ ਖੁਦ ਭਾਰਤੀ ਫੌਜ ਵਿੱਚ ਦੇਸ਼ ਦੀ ਸੇਵਾ ਕਰ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਿਵੇਂ ਹੀ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ, ਤਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਪਿੰਡ ਵਾਸੀਆਂ ਦੀ ਮੰਗ
ਫੌਜੀ ਲਵਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਫੌਜੀ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਨਮ ਅੱਖਾਂ ਨਾਲ ਸਲਾਮੀ ਦਿੱਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਫੌਜ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਲਵਪ੍ਰੀਤ ਸਿੰਘ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਜਾਵੇ ਅਤੇ ਪਰਿਵਾਰ ਨੂੰ ਬਣਦੇ ਸਾਰੇ ਸ਼ਹੀਦੀ ਫੰਡ ਜਲਦੀ ਤੋਂ ਜਲਦੀ ਮੁਹੱਈਆ ਕਰਵਾਏ ਜਾਣ ਤਾਂ ਜੋ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਕੁਝ ਰਾਹਤ ਮਿਲ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



