ਸੰਗਰੂਰ: ਜ਼ਿਲ੍ਹੇ ਦੇ ਚੀਮਾ ਥਾਣਾ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮਹਿਜ਼ ਕੁਝ ਹੀ ਘੰਟਿਆਂ ਵਿੱਚ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ‘ਤੇ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ ਪਿੰਡ ਅਮਰੂ ਕੋਟੜਾ ਤੋਂ ਪਿੰਡ ਜਖੇਪਲ ਵੱਲ ਜਾਂਦੀ ਸੜਕ ‘ਤੇ ਡਰੇਨ ਦੀ ਪਟੜੀ ਉੱਪਰ ਇੱਕ ਨੌਜਵਾਨ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ। ਪਿੰਡ ਜਖੇਪਲ ਚੋਵਾਸ ਦੇ ਸਰਪੰਚ ਵੱਲੋਂ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਚੀਮਾ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਪੁਲਿਸ ਦੀ ਤੁਰੰਤ ਕਾਰਵਾਈ ਅਤੇ ਗ੍ਰਿਫ਼ਤਾਰੀ
ਸੰਗਰੂਰ ਪੁਲਿਸ ਨੇ ਹਿਊਮਨ ਅਤੇ ਟੈਕਨੀਕਲ ਇੰਟੈਲੀਜੈਂਸ ਦੀ ਮਦਦ ਨਾਲ ਮਾਮਲੇ ਨੂੰ ਜਲਦੀ ਹੀ ਟਰੇਸ ਕਰ ਲਿਆ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਮਨੀ, ਵਾਸੀ ਹੰਭਲਵਾਸ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਕਤਲ ਸਮੇਂ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਹੈ।
11 ਸਤੰਬਰ ਦੀ ਲੜਾਈ ਬਣੀ ਕਤਲ ਦੀ ਵਜ੍ਹਾ
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਅਤੇ ਮ੍ਰਿਤਕ ਲਖਵਿੰਦਰ ਸਿੰਘ ਉਰਫ਼ ਲੱਖਾ ਵਿਚਾਲੇ ਪਹਿਲਾਂ ਤੋਂ ਹੀ ਤਣਾਅ ਚੱਲ ਰਿਹਾ ਸੀ। 11 ਸਤੰਬਰ ਨੂੰ ਦੋਵਾਂ ਧਿਰਾਂ ਵਿਚਾਲੇ ਆਪਸੀ ਲੜਾਈ ਹੋਈ ਸੀ, ਜਿਸ ਸਬੰਧੀ ਮੁਲਜ਼ਮ ਵੱਲੋਂ ਮ੍ਰਿਤਕ ਲਖਵਿੰਦਰ ਸਿੰਘ ਖ਼ਿਲਾਫ਼ ਥਾਣਾ ਧਰਮਗੜ੍ਹ ਵਿੱਚ ਪਹਿਲਾਂ ਹੀ ਮਾਮਲਾ ਦਰਜ ਕਰਵਾਇਆ ਗਿਆ ਸੀ। ਇਸੇ ਪੁਰਾਣੀ ਰੰਜਿਸ਼ ਦੀ ਅੱਗ ਵਿੱਚ ਸੜਦਿਆਂ ਮੁਲਜ਼ਮ ਨੇ 13 ਸਤੰਬਰ ਨੂੰ ਤੇਜ਼ਧਾਰ ਹਥਿਆਰ ਨਾਲ ਲਖਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਡਰੇਨ ਦੀ ਪਟੜੀ ‘ਤੇ ਸੁੱਟ ਕੇ ਫ਼ਰਾਰ ਹੋ ਗਿਆ।
ਅਦਾਲਤ ਤੋਂ ਰਿਮਾਂਡ ਹਾਸਲ, ਹੋਰ ਖੁਲਾਸੇ ਹੋਣ ਦੀ ਉਮੀਦ
ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਇਸ ਮਾਮਲੇ ਸਬੰਧੀ ਸੁਖਅੰਮ੍ਰਿਤ ਸਿੰਘ, ਪੀ.ਪੀ.ਐਸ., ਕਪਤਾਨ ਪੁਲਿਸ ਸੰਗਰੂਰ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਕਤਲ ਨਾਲ ਜੁੜੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



