ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ ‘ਚ ਦਹਿਸ਼ਤ

ਜਲੰਧਰ: ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ 10 ਤੋਂ ਵੱਧ ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ…

ਜਲੰਧਰ: ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ 10 ਤੋਂ ਵੱਧ ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ 45 ਸਾਲਾ ਕੁਲਦੀਪ ਠਾਕੁਰ ਉਰਫ਼ ਲੱਕੀ ਠਾਕੁਰ ਵਜੋਂ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਦੁਕਾਨ ਅੰਦਰ ਵੜ ਕੇ ਕੀਤਾ ਬੇਰਹਿਮੀ ਨਾਲ ਹਮਲਾ

ਮ੍ਰਿਤਕ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਦੱਸਿਆ ਕਿ ਕੁਲਦੀਪ ਆਪਣੇ ਘਰ ਦੇ ਬਾਹਰ ਸਥਿਤ ਇੱਕ ਦੁਕਾਨ ਕੋਲ ਖੜ੍ਹਾ ਸੀ। ਇਸੇ ਦੌਰਾਨ ਇਲਾਕੇ ਦੇ ਹੀ ਰਹਿਣ ਵਾਲੇ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦਾ ਪੁੱਤਰ ਰਾਮਕਿਸ਼ਨ ਆਪਣੇ 10 ਤੋਂ ਵੱਧ ਸਾਥੀਆਂ ਸਮੇਤ ਉੱਥੇ ਪਹੁੰਚਿਆ ਅਤੇ ਕੁਲਦੀਪ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ ਕੁਲਦੀਪ ਦੁਕਾਨ ਦੇ ਅੰਦਰ ਭੱਜਿਆ, ਪਰ ਹਮਲਾਵਰਾਂ ਨੇ ਅੰਦਰ ਵੜ ਕੇ ਉਸ ਨੂੰ ਘੇਰ ਲਿਆ ਅਤੇ ਬੇਰਹਿਮੀ ਨਾਲ ਵਾਰ ਕੀਤੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਨਸ਼ੇ ਦੇ ਵਿਵਾਦ ਅਤੇ ਪੁਰਾਣੀ ਰੰਜਿਸ਼ ਕਾਰਨ ਹੋਇਆ ਕਤਲ

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੁਝ ਸਮਾਂ ਪਹਿਲਾਂ ਮੁਲਜ਼ਮਾਂ ਨੇ ਕੁਲਦੀਪ ਦੇ ਪੁੱਤਰ ਨੂੰ ਨਸ਼ੇ ਦੀ ਲਤ ਲਗਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਪਰਿਵਾਰ ਵੱਲੋਂ ਥਾਣਾ ਨੰਬਰ-4 ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਮਾਮਲਾ ਅਦਾਲਤ ਵਿੱਚ ਵੀ ਵਿਚਾਰਧੀਨ ਸੀ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਅੱਜ ਕੁਲਦੀਪ ਦਾ ਕਤਲ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਜਾਰੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਏਡੀਸੀਪੀ ਸਿਟੀ-2, ਏਸੀਪੀ ਓਂਕਾਰ ਸਿੰਘ ਬਰਾੜ ਅਤੇ ਥਾਣਾ ਨੰਬਰ-4 ਦੇ ਐੱਸ.ਐੱਚ.ਓ. ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਗੰਭੀਰ ਜ਼ਖ਼ਮੀ ਹਾਲਤ ਵਿੱਚ ਕੁਲਦੀਪ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਏਸੀਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਪੁਰਾਣੀ ਰੰਜਿਸ਼ ਦਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਹੋ ਸਕੇ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *